ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ’ਤੇ ਵਿਅੰਗ ਕਰਦਿਆਂ ਕਿਹਾ ਹੈ ਕਿ ਇਹ ਤਾਸ਼ ਦੇ ਪੱਤਿਆਂ ਵਾਂਗ ਖਿੰਡ ਗਈ ਹੈ। ‘ਆਪ’ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਹਾਲੇ ਤਾਂ ਸ਼ੁਰੂਆਤ ਹੋਈ ਹੈ ਹੁਣ ਅਗਲੀ ਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ, ਜਿਸ ਤਰ੍ਹਾਂ ਰਾਘਵ ਚੱਢਾ ਨੇ ਰਾਜ ਸਭਾ ਮੈਂਬਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਵਿਧਾਇਕਾਂ ਤੇ ਮੰਤਰੀਆਂ ਨੂੰ ਨਾਲ ਲੈ ਕੇ ਭਾਜਪਾ ਵਿੱਚ ਸ਼ਾਮਲ ਹੋਣਗੇ ਕਿਉਂਕਿ ਮੁੱਖ ਮੰਤਰੀ ਦੇ ਕੇਂਦਰੀ ਗ੍ਰਹਿ ਮੰਤਰੀ ਨਾਲ ਸਿੱਧੇ ਸਬੰਧ ਹਨ। ਬਾਜਵਾ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਮਿਲ ਕੇ ਲੁੱਟੇਗੀ। ਪ੍ਰਤਾਪ ਸਿੰਘ ਬਾਜਵਾ ਪਠਾਨਕੋਟ ਦੇ ਪ੍ਰਾਈਵੇਟ ਕਾਲਜ ਵਿੱਚ ਕਾਨਵੋਕੇਸ਼ਨ ’ਤੇ ਪੁੱਜੇ ਸਨ। ਬਾਜਵਾ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਸਨ ਪਰ ਉਨ੍ਹਾਂ ਵਿਧਾਇਕਾਂ ਦੀਆਂ ਸ਼ਰਤਾਂ ਕਾਂਗਰਸ ਨੂੰ ਮਨਜ਼ੂਰ ਨਹੀਂ ਸਨ।